ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦੌਰਾਨ ਮਾਲੇਰਕੋਟਲਾ ਵਿਖੇ ਹੋਵੇਗਾ ਪ੍ਰਦਰਸ਼ਨੀ ਮੈਚ
ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ
ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਹਾਕੀ ਖੇਡ ਪ੍ਰਤੀ ਉਤਸ਼ਾਹ ਵਧਾਉਣਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ।
News Varta Editorial Staff•Digital Edition
SHARE THIS STORY

ਮਾਲੇਰਕੋਟਲਾ, 16 ਅਕਤੂਬਰ ( ਸੂਤਰ )
ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਹਾਕੀ ਖੇਡ ਪ੍ਰਤੀ ਉਤਸ਼ਾਹ ਵਧਾਉਣਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਇਸੇ ਲੜੀ ਤਹਿਤ ਟਰਾਫ਼ੀ 19 ਅਕਤੂਬਰ ਨੂੰ ਸਵੇਰੇ 8 ਵਜੇ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਪਹੁੰਚੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਨੇ ਦੱਸਿਆ ਕਿ ਟਰਾਫ਼ੀ ਦੇ ਸਵਾਗਤ ਲਈ ਨਨਕਾਣਾ ਸਾਹਿਬ ਪਬਲਿਕ ਸਕੂਲ, ਰਾਮਪੁਰ ਛੰਨਾ, ਅਮਰਗੜ੍ਹ ਵਿਖੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਟਰਾਫ਼ੀ ਦਾ ਸਵਾਗਤ ਕਰਨ ਦੇ ਨਾਲ-ਨਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਹਾਕੀ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਸਕੂਲ ਵਿਖੇ ਸਥਿਤ ਹਾਕੀ ਦੇ ਸਿਕਸ-ਏ-ਸਾਈਡ ਐਸਟਰੋਟਰਫ਼ ਗਰਾਊਂਡ ਵਿੱਚ ਪ੍ਰਦਰਸ਼ਨੀ ਮੈਚ ਕਰਵਾਇਆ ਜਾਵੇਗਾ ਅਤੇ ਟਰਾਫ਼ੀ ਨੂੰ ਵੀ ਸਜਾਇਆ ਜਾਵੇਗਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅਜਿਹੇ ਸਮਾਗਮ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਖੇਡਾਂ ਦੇ ਮਹੱਤਵ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਹਾਕੀ ਪੰਜਾਬ ਦੀ ਮਾਣਮੱਤੀ ਖੇਡ ਰਹੀ ਹੈ ਅਤੇ ਇਸ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਨੌਜਵਾਨਾਂ ਦੀ ਸ਼ਮੂਲੀਅਤ ਬਹੁਤ ਮਹੱਤਵਪੂਰਨ ਹੈ। ।
ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਵਿਖੇ ਸਮਾਗਮ ਉਪਰੰਤ ਟਰਾਫ਼ੀ ਸੜਕ ਰਸਤੇ ਜ਼ਿਲ੍ਹਾ ਬਰਨਾਲਾ ਲਈ ਰਵਾਨਾ ਹੋਵੇਗੀ ਅਤੇ ਤਕਰੀਬਨ ਦੁਪਹਿਰ 12 ਵਜੇ ਬਰਨਾਲਾ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਤਰ੍ਹਾਂ ਟਰਾਫ਼ੀ ਟੂਰ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਾਕੀ ਚੈਂਪੀਅਨਸ਼ਿਪ ਪ੍ਰਤੀ ਜਾਗਰੂਕਤਾ ਅਤੇ ਉਤਸ਼ਾਹ ਪੈਦਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਖੇਡ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਖੇਡ ਪ੍ਰੇਮੀਆਂ, ਹਾਕੀ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ।







