ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਬੁਢਲਾਡਾ ਵਿਖੇ ਅਨਾਜ ਮੰਡੀਆਂ ਦਾ ਦੌਰਾ
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ, ਝੋਨੇ ਦੇ ਖਰੀਦ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ
News Varta Editorial Staff•Digital Edition
SHARE THIS STORY



ਮਾਨਸਾ, 25 ਅਕਤੂਬਰ ( ਸੂਤਰ )

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਬੁਢਲਾਡਾ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਜਾਇਜ਼ਾ ਲਿਆ ਅਤੇ ਮੌਕੇ ਉੱਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਲਈ ਕੀਤੇ ਵਿਆਪਕ ਪ੍ਰਬੰਧਾਂ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋੜਵੰਦ ਕਿਸਾਨਾਂ ਨੂੰ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਯੋਜਨਾਬੱਧ ਢੰਗ ਨਾਲ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਕਾਰਜ ਹਿੱਤ ਪਿੰਡਾਂ ਵਿੱਚ ਨੋਡਲ ਅਫਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ ਜੋ ਕਿ ਕਿਸਾਨਾਂ ਨੂੰ ਉਹਨਾਂ ਦੀ ਜਰੂਰਤ ਦੇ ਮੱਦੇਨਜ਼ਰ ਸਮੁੱਚੇ ਸੀਜ਼ਨ ਦੌਰਾਨ ਦਰਪੇਸ਼ ਆਉਣ ਵਾਲੀਆਂ ਖੇਤੀ ਅਧਾਰਤ ਮੁਸ਼ਕਿਲਾਂ ਦੇ ਫੌਰੀ ਨਿਪਟਾਰੇ ਲਈ ਯਤਨਸ਼ੀਲ ਰਹਿਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਨਾਲੋ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ ਕਰੀਬ 74 ਹਜ਼ਾਰ ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਰੀਬ 64 ਹਜ਼ਾਰ ਮੀਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 125 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ।




