News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 22°C
BREAKING NEWS
Front Page
EN

ਮਾਲੇਰਕੋਟਲਾ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਬਣਾਉਣ ਲਈ ਨਾਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਪਾਬੰਦੀ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ

ਮੁੱਖ ਸੜਕਾਂ, ਬਾਜ਼ਾਰਾਂ ਅਤੇ ਫੁੱਟਪਾਥਾਂ ਨੂੰ ਕਬਜ਼ਾ ਮੁਕਤ ਰੱਖਣ ਦੀਆਂ ਹਦਾਇਤਾਂ, ਨਿਰਧਾਰਤ ਵੈਂਡਰ ਹਾਕਿੰਗ ਜ਼ੋਨ ਤੋਂ ਬਾਹਰ ਰੇਹੜੀਆਂ ਲਗਾਉਣ 'ਤੇ ਪਾਬੰਦੀ

News Varta Editorial Staff•Digital Edition
SHARE THIS STORY
ਮਾਲੇਰਕੋਟਲਾ, 13 ਨਵੰਬਰ ( ਸੂਤਰ ) ਮਾਲੇਰਕੋਟਲਾ ਸ਼ਹਿਰ ਵਿੱਚ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ, ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਆਮ ਲੋਕਾਂ ਨੂੰ ਰਾਹਤ ਦਿਵਾਉਣ ਅਤੇ ਸੜਕਾਂ ਤੇ ਫੁੱਟਪਾਥਾਂ ਉੱਪਰ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ, ਸੜਕਾਂ, ਚੌਂਕਾਂ ਅਤੇ ਹੋਰ ਜਨਤਕ ਥਾਵਾਂ 'ਤੇ ਕੁਝ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਆਪਣੀਆਂ ਦੁਕਾਨਾਂ ਅਤੇ ਰੇਹੜੀਆਂ ਦੇ ਅੱਗੇ ਸੜਕਾਂ ਤੇ ਫੁੱਟਪਾਥਾਂ ਉੱਪਰ ਸਮਾਨ ਰੱਖ ਕੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ। ਇਸ ਕਾਰਨ ਆਵਾਜਾਈ ਵਿੱਚ ਵਿਘਨ ਪੈਣ ਦੇ ਨਾਲ-ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੁੰਦੀ ਹੈ। ਇਸ ਤੋਂ ਇਲਾਵਾ ਪੈਦਲ ਚੱਲਣ ਵਾਲੇ ਰਾਹਗੀਰਾਂ, ਆਮ ਨਾਗਰਿਕਾਂ ਅਤੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਵਾਹਨਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਜਾਰੀ ਹੁਕਮਾਂ ਅਨੁਸਾਰ ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ, ਚੌਂਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ਉੱਪਰ ਕਿਸੇ ਵੀ ਕਿਸਮ ਦਾ ਨਾਜਾਇਜ਼ ਕਬਜ਼ਾ ਕਰਨ ਦੀ ਮਨਾਹੀ ਕੀਤੀ ਗਈ ਹੈ। ਰੇਹੜੀ-ਫੜ੍ਹੀ ਵਾਲਿਆਂ ਅਤੇ ਵੈਂਡਰਾਂ ਨੂੰ ਨਿਰਧਾਰਤ ਵੈਂਡਰ ਹਾਕਿੰਗ ਜ਼ੋਨ ਤੋਂ ਇਲਾਵਾ ਕਿਸੇ ਹੋਰ ਸਥਾਨ 'ਤੇ ਰੇਹੜੀ ਲਗਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸੇ ਤਰ੍ਹਾਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸੜਕਾਂ, ਫੁੱਟਪਾਥਾਂ ਜਾਂ ਸਰਕਾਰੀ ਥਾਵਾਂ ਉੱਪਰ ਸਮਾਨ ਰੱਖ ਕੇ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਦੀ ਮਨਾਹੀ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਐਮਰਜੈਂਸੀ ਸੇਵਾਵਾਂ ਲਈ ਵਰਤੇ ਜਾਣ ਵਾਲੇ ਰਸਤਿਆਂ, ਹਸਪਤਾਲਾਂ, ਸਕੂਲਾਂ, ਮੁੱਖ ਚੌਂਕਾਂ ਅਤੇ ਟ੍ਰੈਫਿਕ ਪੱਖੋਂ ਸੰਵੇਦਨਸ਼ੀਲ ਥਾਵਾਂ ਨੂੰ ਹਰ ਤਰ੍ਹਾਂ ਦੇ ਨਾਜਾਇਜ਼ ਕਬਜ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਰੱਖਿਆ ਜਾਵੇ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਐਂਬੂਲੈਂਸਾਂ, ਫਾਇਰ ਬ੍ਰਿਗੇਡ ਅਤੇ ਹੋਰ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਪੈਦਾ ਨਾ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹਿਰ ਦੇ ਸਮੂਹ ਦੁਕਾਨਦਾਰਾਂ, ਵਪਾਰੀਆਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਸੜਕਾਂ ਅਤੇ ਫੁੱਟਪਾਥਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਫੁੱਟਪਾਥ ਆਮ ਲੋਕਾਂ ਦੀ ਸਹੂਲਤ ਲਈ ਹਨ ਅਤੇ ਇਨ੍ਹਾਂ ਉੱਪਰ ਬਿਨਾਂ ਰੁਕਾਵਟ ਆਵਾਜਾਈ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਹ ਹੁਕਮ 2 ਜਨਵਰੀ 2027 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

More from News Varta