ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਹਾਟਸਪਾਟਾਂ ਦਾ ਮੁਆਇਨਾ; ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀਆਂ ਹਦਾਇਤਾਂ
ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਹੋਵੇਗੀ ਸਖ਼ਤ ਕਾਰਵਾਈ; ਗੈਰ-ਕਾਨੂੰਨੀ ਗਤੀਵਿਧੀਆਂ ਬਰਦਾਸ਼ਤ ਨਹੀਂ -ਐਸ.ਐਸ.ਪੀ. ਖੱਖ
ਸੰਵੇਦਨਸ਼ੀਲ ਥਾਵਾਂ ਦੀ ਸਾਫ਼-ਸਫ਼ਾਈ, ਰੌਸ਼ਨੀ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ।
News Varta Editorial Staff•Digital Edition
SHARE THIS STORY


ਮਾਲੇਰਕੋਟਲਾ, 18 ਅਕਤੂਬਰ ( ਸੂਤਰ )
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਜ਼ਿਲ੍ਹੇ ਵਿੱਚ ਸ਼ਨਾਖ਼ਤ ਕੀਤੇ ਨਸ਼ਾ ਪ੍ਰਭਾਵਿਤ ਹਾਟਸਪਾਟਾਂ ਦਾ ਮੁਆਇਨਾ ਕੀਤਾ। ਇਸ ਦੌਰਾਨ ਸੰਵੇਦਨਸ਼ੀਲ ਥਾਵਾਂ ਦੀ ਸਾਫ਼-ਸਫ਼ਾਈ, ਰੌਸ਼ਨੀ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਸਿਰਫ਼ ਰੋਕਥਾਮ ਵਿੱਚ ਨਹੀਂ, ਸਗੋਂ ਨੌਜਵਾਨਾਂ ਨੂੰ ਜ਼ਿੰਦਗੀ ਦੇ ਉਸਾਰੂ ਮੌਕਿਆਂ ਨਾਲ ਜੋੜਨ ਵਿੱਚ ਵੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਰੋਜ਼ਗਾਰ ਵੱਲ ਮੋੜਨ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਪੀੜਤਾਂ ਨੂੰ ਨਫ਼ਰਤ ਜਾਂ ਤਿਰਸਕਾਰ ਦੀ ਨਹੀਂ, ਸਗੋਂ ਹਮਦਰਦੀ, ਇਲਾਜ ਅਤੇ ਮੁੜ ਵਸੇਬੇ ਦੇ ਮੌਕਿਆਂ ਦੀ ਲੋੜ ਹੈ।
ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਸਖ਼ਤ ਲਿਹਾਜ ਵਿੱਚ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਲ੍ਹਾ ਪੁਲਿਸ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਨਾਕਾਬੰਦੀ, ਅਚਨਚੇਤ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਜਾਰੀ ਰਹਿਣਗੀਆਂ। ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਨੌਜਵਾਨ ਕਿਸੇ ਪਰਿਵਾਰ ਦੀ ਉਮੀਦ ਅਤੇ ਸਮਾਜ ਦੇ ਭਵਿੱਖ ਦੀ ਅਮਾਨਤ ਹੈ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਸਾਂਝੀ ਸਮਾਜਿਕ ਜ਼ਿੰਮੇਵਾਰੀ ਸਮਝਿਆ ਜਾਵੇ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਜਾਣਕਾਰੀ ‘ਸੇਫ਼ ਪੰਜਾਬ’ ਐਂਟੀ ਡਰੱਗ ਵਟਸਐਪ ਹੈਲਪਲਾਈਨ 9779-100-200 ’ਤੇ ਸਾਂਝੀ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਡੀ.ਐਸ.ਪੀ (ਐਚ) ਸਮੁੀਤ ਸੂਦ, ਸੋਸਲ ਮੀਡੀਆ ਇੰਚਾਰਜ ਪੰਜਾਬ ਪੁਲਿਸ ਮਾਲੇਰਕੋਟਲਾ ਪ੍ਰਭਜੋਤ ਸਿੰਘ ਵੀ ਮੌਜੂਦ ਸਨ ।






