ਸੁਲਤਾਨਪੁਰ ਲੋਧੀ ਵਿਖੇ ਪਰਾਲੀ ਸਾੜਨ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਵੱਲੋਂ ਖੇਤਰੀ ਦੌਰੇ ਤੇਜ਼
News Varta Editorial Staff•Digital Edition
SHARE THIS STORY

ਸੁਲਤਾਨਪੁਰ ਲੋਧੀ, 26 ਅਕਤੂਬਰ ( ਸੂਤਰ )
ਸੁਲਤਾਨਪੁਰ ਲੋਧੀ ਵਿਖੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮਕਸਦ ਨਾਲ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਵੱਲੋਂ ਪੁਲਿਸ ਅਤੇ ਹੋਰ ਅਧਿਕਾਰੀਆਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਵਿੱਚ ਖੇਤਰੀ ਦੌਰੇ ਕੀਤੇ ਗਏ ਅਤੇ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਗਈਆਂ।
ਇਨ੍ਹਾਂ ਦੌਰਿਆਂ ਦੌਰਾਨ ਟੀਮਾਂ ਵੱਲੋਂ ਖੇਤੀਬਾੜੀ ਵਾਲੇ ਖੇਤਾਂ ਦਾ ਨਿਰੀਖਣ ਕੀਤਾ ਗਿਆ, ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਿਗਿਆਨਕ ਅਤੇ ਵਾਤਾਵਰਣ ਪੱਖੀ ਤਰੀਕੇ ਅਪਣਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।
ਇਸ ਮੁਹਿੰਮ ਤਹਿਤ ਕਲੱਸਟਰ ਅਧਿਕਾਰੀਆਂ ਵੱਲੋਂ ਬਾਊਪੁਰ ਜਦੀਦ, ਮੁਹੰਮਦਾਬਾਦ, ਰਾਮਪੁਰ ਗੌਰਾ ਅਤੇ ਬਾਊਪੁਰ ਕਦੀਮ, ਮੋਹਬਲੀਪੁਰ, ਸਰਾਏ ਜੱਟਾਂ ਅਤੇ ਮੁੱਲਾਂ ਕਲਾਂ, ਮੰਡ ਹੁਸੈਨਪੁਰ ਬੁੱਲੇ, ਚੱਕ ਪੱਤੀ ਬਾਲੂ ਬਹਾਦਰ ਅਤੇ ਜੱਬੋਵਾਲ ਪਿੰਡਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ਦੌਰਿਆਂ ਦਾ ਮਕਸਦ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਵਿਰੁੱਧ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ। ਇਸੇ ਲੜੀ ਤਹਿਤ ਅੰਮ੍ਰਿਤਪੁਰ ਵਿਖੇ ਐੱਸ.ਐੱਚ.ਓ. ਸੋਨਮਦੀਪ ਕੌਰ ਅਤੇ ਹੋਰ ਅਧਿਕਾਰੀਆਂ ਵੱਲੋਂ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ।
ਟੀਮਾਂ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਕਿਸਾਨਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤਾਂ ਵਿੱਚ ਹੀ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ (ਇਨ-ਸੀਟੂ) ਅਤੇ ਖੇਤਾਂ ਤੋਂ ਬਾਹਰ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ (ਐਕਸ-ਸੀਟੂ) ਤਰੀਕੇ ਅਪਣਾਉਣ।




